ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

ਮੁੱਖ ਸਕੱਤਰ ਨੇ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਦੀ ਸੰਭਾਲ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵੀ ਕਿਹਾ

ਚੰਡੀਗੜ੍ਹ, 21 ਨਵੰਬਰ, 2020 : ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਅੱਜ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨ੍ਹਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਹਰੇਕ ਕੋਵਿਡ ਮਰੀਜ਼ ਦੇ ਘੱਟੋ ਘੱਟ 15 ਸੰਪਰਕਾਂ ਦੀ ਸ਼ਨਾਖ਼ਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਾਂਚ ਕੀਤੀ ਜਾਵੇ।

ਸਿਹਤ ਅਤੇ ਹੋਰ ਸਾਰੇ ਸਬੰਧਿਤ ਵਿਭਾਗਾਂ ਨੂੰ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਨਿਰਦੇਸ਼ ਦਿੰਦਿਆਂ ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਖ਼ਤੀ ਨਾਲ ਸੁਰੱਖਿਆ ਨਿਯਮਾਂ ਦੀ ਪਾਲਣ ਕਰਦਿਆਂ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕੋਵਿਡ ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਿਸ਼ਨ ਫ਼ਤਿਹ ਦੇ ਮੰਤਰ ‘ਮਾਸਕ ਹੀ ਵੈਕਸੀਨ ਹੈ’ ਉੱਤੇ ਪਹਿਰਾ ਦਿੱਤਾ ਜਾਵੇ।

ਡੀਜੀਪੀ ਸ੍ਰੀ. ਦਿਨਕਰ ਗੁਪਤਾ ਨੇ ਕਿਹਾ ਕਿ ਪੁਲੀਸ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਭਵਿੱਖ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲੀਸ ਕੋਵਿਡ -19 ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਵਿੱਚ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਕੋਰੋਨਾ ਵਾਇਰਸ ਦੀ ਸੰਭਾਵਿਤ ਦੂਜੀ ਲਹਿਰ ਦੇ ਟਾਕਰੇ ਲਈ ਪੂਰੀ ਤਿਆਰੀ ਹੋਣ ਦਾ ਭਰੋਸਾ ਦਿੱਤਾ।

Posted in News